ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦੇ ਨੈੱਟਵਰਕ ‘ਤੇ ਵੱਡੀ ਕਾਰਵਾਈ ਕਰਦਿਆਂ ਇੱਕ ਅਹਿਮ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਪੱਧਰ ‘ਤੇ ਨਸ਼ਾ ਅਤੇ ਗੈਰ-ਕਾਨੂੰਨੀ ਅਸਲਾ ਤਸਕਰੀ ਕਰਨ ਵਾਲੇ ਤਿੰਨ ਮੁੱਖ ਗਿਰੋਹਾਂ ਦਾ ਪਰਦਾਫਾਸ਼ ਕਰਦਿਆਂ 9 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਵਿਸ਼ੇਸ਼ ਕਾਰਵਾਈ ਦੌਰਾਨ ਪੁਲਿਸ ਨੇ ਫੜੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 8.536 ਕਿੱਲੋ ਹੈਰੋਇਨ, 8 ਗੈਰ-ਕਾਨੂੰਨੀ ਪਿਸਤੌਲ, 4 ਜਿੰਦਾ ਕਾਰਤੂਸ ਅਤੇ 12.95 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਆਪਣੇ ਆਕਾਵਾਂ ਅਤੇ ਹੈਂਡਲਰਾਂ ਦੇ ਸਿੱਧੇ ਸੰਪਰਕ ਵਿੱਚ ਸਨ। ਉਹ ਉੱਥੋਂ ਹੀ ਗੈਰ-ਕਾਨੂੰਨੀ ਹਥਿਆਰਾਂ ਅਤੇ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਥਾਨਕ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਦੇ ਸਨ।
ਇਸ ਪੂਰੇ ਮਾਮਲੇ ਸਬੰਧੀ ਅੰਮ੍ਰਿਤਸਰ ਦੇ ਥਾਣਾ ਕੈਂਟ ਅਤੇ ਥਾਣਾ ਛੇਹਰਟਾ ਵਿਖੇ ਕੁੱਲ 3 ਵੱਖ-ਵੱਖ FIR ਦਰਜ ਕੀਤੀਆਂ ਗਈਆਂ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਅਜੇ ਜਾਰੀ ਹੈ ਅਤੇ ਤਸਕਰਾਂ ਦੇ ਅੱਗੇ-ਪਿੱਛੇ ਦੇ ਸਾਰੇ ਸਬੰਧਾਂ (Forward & Backward linkages) ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਇਸ ਪੂਰੇ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ। ਪੰਜਾਬ ਪੁਲਿਸ ਨੇ ਦੁਹਰਾਇਆ ਹੈ ਕਿ ਸੂਬੇ ਨੂੰ ਨਸ਼ਾ-ਮੁਕਤ ਅਤੇ ਸੁਰੱਖਿਅਤ ਬਣਾਉਣ ਲਈ ਸਰਹੱਦ ਪਾਰ ਤੋਂ ਚੱਲ ਰਹੇ ਅਜਿਹੇ ਨੈੱਟਵਰਕਾਂ ਖ਼ਿਲਾਫ਼ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।










