ਅੰਮ੍ਰਿਤਸਰ ਵਿੱਚ ਨਸ਼ੇ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ
ਅੰਮ੍ਰਿਤਸਰ ਦਿਹਾਤ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਲੋਪੋਕੇ ਦੇ ਇਲਾਕੇ ਵਿੱਚੋਂ 10 ਕਿਲੋ 80 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਮੌਕੇ ਤੋਂ 30 ਬੋਰ ਦਾ ਪਿਸਤੌਲ, ਮੈਗਜ਼ੀਨ ਅਤੇ 3 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਪੁਲਿਸ ਮੁਤਾਬਕ ਇਹ ਕਾਰਵਾਈ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਖ਼ਿਲਾਫ਼ ਕੀਤੀ ਗਈ ਹੈ।ਪੁਲਿਸ ਨੇ ਇਸ ਮਾਮਲੇ ਵਿੱਚ ਸਾਜਨ ਅਰੋੜਾ ਵਾਸੀ ਭੀਲੋਵਾਲ, ਵਿਜੇਪਾਲ ਸਿੰਘ ਵਾਸੀ ਸਰਾਏ ਅਮਾਨਤ ਖਾਂ ਅਤੇ ਜਸ਼ਨਪ੍ਰੀਤ ਸਿੰਘ ਵਾਸੀ ਗੰਡੀਵਿੰਡ ਨੂੰ ਨਾਮਜ਼ਦ ਕੀਤਾ ਹੈ। ਕਾਰਵਾਈ ਦੌਰਾਨ ਜਸ਼ਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਹੋਰ ਮੁਲਜ਼ਮਾਂ ਦੀ ਭਾਲ ਜਾਰੀ ਹੈ। ਪੁਲਿਸ ਉਨ੍ਹਾਂ ਦੀ ਭੂਮਿਕਾ ਦੀ ਵੀ ਜਾਂਚ ਕਰ ਰਹੀ ਹੈ।

ਪਾਕਿਸਤਾਨ ਵਿੱਚ ਬੈਠੇ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਪਾਕਿਸਤਾਨ ਵਿੱਚ ਬੈਠੇ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ। ਪੁਲਿਸ ਨੂੰ ਸ਼ੱਕ ਹੈ ਕਿ ਸਰਹੱਦ ਪਾਰੋਂ ਡਰੋਨ ਸਮੇਤ ਹੋਰ ਸਾਧਨਾਂ ਰਾਹੀਂ ਭੇਜੀ ਜਾਣ ਵਾਲੀ ਹੈਰੋਇਨ ਦੀ ਖੇਪ ਨੂੰ ਮੁਲਜ਼ਮ ਅੱਗੇ ਸਪਲਾਈ ਕਰਦੇ ਸਨ। ਹੁਣ ਪੁਲਿਸ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਅਤੇ ਨਸ਼ੇ ਦੀ ਖੇਪ ਦੀ ਸਪਲਾਈ ਨਾਲ ਜੁੜੇ ਟਿਕਾਣਿਆਂ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ।
ਪੁੱਛਗਿੱਛ ਦੌਰਾਨ ਨੈੱਟਵਰਕ ਦੇ ਖੁਲਾਸੇ ਦੀ ਉਮੀਦ
ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਲੋਪੋਕੇ ਵਿੱਚ NDPS ਐਕਟ ਅਤੇ Arms Act ਤਹਿਤ ਮਾਮਲਾ ਦਰਜ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁੱਛਗਿੱਛ ਦੌਰਾਨ ਪੁਲਿਸ ਨੂੰ ਇਸ ਪੂਰੇ ਨੈੱਟਵਰਕ, ਇਸ ਦੀ ਸਪਲਾਈ ਚੇਨ ਅਤੇ ਪਾਕਿਸਤਾਨ ਨਾਲ ਜੁੜੇ ਕਨੈਕਸ਼ਨ ਬਾਰੇ ਅਹਿਮ ਜਾਣਕਾਰੀ ਮਿਲਣ ਦੀ ਉਮੀਦ ਹੈ।
ਹੋਰ ਮੁਲਜ਼ਮਾਂ ਦੀ ਭਾਲ ਜਾਰੀ
ਅੰਮ੍ਰਿਤਸਰ ਦਿਹਾਤ ਪੁਲਿਸ ਦਾ ਕਹਿਣਾ ਹੈ ਕਿ ਸਰਹੱਦ ਪਾਰੋਂ ਹੋਣ ਵਾਲੀ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਪੁਲਿਸ ਵੱਲੋਂ ਤਸਕਰਾਂ ਖ਼ਿਲਾਫ਼ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਹੁਣ ਜਾਂਚ ਦਾ ਮੁੱਖ ਕੇਂਦਰ ਇਸ ਨੈੱਟਵਰਕ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਹੈ।









