ਸਮਾਜਿਕ ਕਾਰਕੁੰਨ ਅੰਨਾ ਹਜ਼ਾਰੇ ਦੀ ਸਿਹਤ ਵਿਗੜੀ
ਮਸ਼ਹੂਰ ਸਮਾਜਿਕ ਕਾਰਕੁਨ ਅੰਨਾ ਹਜ਼ਾਰੇ ਦੀ ਸਿਹਤ ਅਚਾਨਕ ਵਿਗੜਨ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਬੰਬੇ ਹਸਪਤਾਲ ਦੇ ਆਈ. ਸੀ. ਯੂ. ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 89 ਸਾਲਾ ਅੰਨਾ ਹਜ਼ਾਰੇ ਦਾ ਪਹਿਲਾਂ ਮਹਾਰਾਸ਼ਟਰ ਦੇ ਰਾਲੇਗਣ ਸਿੱਧੀ ਦੇ ਨੇੜੇ ਇੱਕ ਸਥਾਨਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ ਪਰ ਉਨ੍ਹਾਂ ਦੀ ਸਿਹਤ ਵਿੱਚ ਲਗਾਤਾਰ ਗਿਰਾਵਟ ਆਉਣ ਤੋਂ ਬਾਅਦ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਮੁੰਬਈ ਤਬਦੀਲ ਕੀਤਾ ਗਿਆ ਹੈ। ਬੰਬੇ ਹਸਪਤਾਲ ਵਿੱਚ ਉਨ੍ਹਾਂ ਨੂੰ ਡਾ. ਗੌਤਮ ਭੰਸਾਲੀ ਦੀ ਨਿਗਰਾਨੀ ਹੇਠ ਭਰਤੀ ਕੀਤਾ ਗਿਆ ਹੈ, ਜਿੱਥੇ ਡਾਕਟਰਾਂ ਦੀ ਵਿਸ਼ੇਸ਼ ਟੀਮ ਉਨ੍ਹਾਂ ਦੀ ਸਿਹਤ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਦੀਆਂ ਜਾਂਚ ਰਿਪੋਰਟਾਂ ਦੇ ਆਧਾਰ ‘ਤੇ ਹੀ ਅਗਲੇ ਇਲਾਜ ਸੰਬੰਧੀ ਫੈਸਲਾ ਲਿਆ ਜਾਵੇਗਾ। ਫਿਲਹਾਲ ਡਾਕਟਰ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ।
ਦੇਸ਼ ਵਿੱਚ ‘ਇੰਡੀਆ ਅਗੇਂਸਟ ਕਰੱਪਸ਼ਨ’ ਅੰਦੋਲਨ ਰਾਹੀਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਲੜਾਈ ਲੜਨ ਵਾਲੇ ਅੰਨਾ ਹਜ਼ਾਰੇ ਹਾਲ ਹੀ ਵਿੱਚ ਨੀਟ ਪੇਪਰ ਲੀਕ ਦੇ ਮਾਮਲੇ ਵਿੱਚ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੇ ਹੱਕ ਵਿੱਚ ਨਿੱਤਰੇ ਸਨ। ਉਨ੍ਹਾਂ ਨੇ ਵਿਦਿਆਰਥੀਆਂ ‘ਤੇ ਹੋਈ ਪੁਲਸ ਕਾਰਵਾਈ ਦੀ ਨਿੰਦਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਮਾਮਲੇ ਦੇ ਹੱਲ ਲਈ ਗੱਲਬਾਤ ਕਰਨ ਦੀ ਅਪੀਲ ਕੀਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਇੱਕਜੁਟਤਾ ਪ੍ਰਗਟਾਉਣ ਲਈ ਦੋ ਘੰਟੇ ਦਾ ਮੌਨ ਪ੍ਰਦਰਸ਼ਨ ਵੀ ਕੀਤਾ ਸੀ।











