ਰੂਸ ‘ਚ ਫਸੇ ਨੌਜਵਾਨਾਂ ਦੀ ਘਰ ਵਾਪਸੀ ਦੀ ਉੱਠੀ ਮੰਗ

ਰੂਸ ‘ਚ ਫਸੇ ਨੌਜਵਾਨਾਂ ਦੀ ਘਰ ਵਾਪਸੀ ਦੀ ਉੱਠੀ ਮੰਗ

ਰੂਸ-ਯੂਕਰੇਨ ਜੰਗ ਦੇ ਵਿਚਕਾਰ ਫਸੇ ਭਾਰਤੀ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਦਾ ਮੁੱਦਾ ਇੱਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਸ ਮਾਮਲੇ ਨੂੰ ਲੈ ਕੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਰੂਸ ਵਿੱਚ ਫਸੇ ਨੌਜਵਾਨਾਂ ਦੀ ਤੁਰੰਤ ਪਛਾਣ ਕਰਕੇ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।ਸੰਤ ਸੀਚੇਵਾਲ ਨੇ ਕਿਹਾ ਕਿ ਜੰਗ ਦੌਰਾਨ ਕਈ ਭਾਰਤੀ ਨੌਜਵਾਨ ਲਾਪਤਾ ਹੋ ਗਏ ਹਨ ਅਤੇ ਕੁਝ ਦੀ ਮੌਤ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਰੂਸੀ ਸਰਕਾਰ ਨਾਲ ਗੱਲਬਾਤ ਕਰਕੇ ਲਾਪਤਾ ਨੌਜਵਾਨਾਂ ਦੀ ਭਾਲ ਕਰਵਾਈ ਜਾਵੇ ਅਤੇ ਜਿਨ੍ਹਾਂ ਪਰਿਵਾਰਾਂ ਨੇ ਆਪਣੇ ਮੈਂਬਰ ਗੁਆਏ ਹਨ, ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿਵਾਉਣ ਲਈ ਵੀ ਕੂਟਨੀਤਿਕ ਪੱਧਰ ‘ਤੇ ਕਾਰਵਾਈ ਕੀਤੀ ਜਾਵੇ।ਸੰਤ ਸੀਚੇਵਾਲ ਨੇ ਦੱਸਿਆ ਕਿ ਉਹ ਇਸ ਮਸਲੇ ਨੂੰ ਲੰਬੇ ਸਮੇਂ ਤੋਂ ਸੰਸਦ ਵਿੱਚ ਉਠਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜ਼ੀਰੋ ਆਵਰ ਦੌਰਾਨ ਵੀ ਰੂਸ ਵਿੱਚ ਫਸੇ ਭਾਰਤੀ ਨੌਜਵਾਨਾਂ ਦਾ ਮੁੱਦਾ ਚੁੱਕਿਆ ਸੀ। ਹਾਲਾਂਕਿ ਭਾਰਤ ਸਰਕਾਰ ਵੱਲੋਂ ਰੂਸ ਨਾਲ ਗੱਲਬਾਤ ਕੀਤੀ ਗਈ ਹੈ, ਪਰ ਅਜੇ ਵੀ ਕਈ ਨੌਜਵਾਨ ਉੱਥੇ ਫਸੇ ਹੋਏ ਹਨ ਅਤੇ ਉਨ੍ਹਾਂ ਦੇ ਪਰਿਵਾਰ ਚਿੰਤਾ ਵਿੱਚ ਹਨ।

ਰੂਸ ਵਿੱਚ ਫਸੇ 10 ਭਾਰਤੀ ਨੌਜਵਾਨਾਂ ਦੇ ਮਾਮਲੇ : ਸੰਤ ਸੀਚੇਵਾਲ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਕੋਲ ਇਸ ਸਮੇਂ ਰੂਸ ਵਿੱਚ ਫਸੇ ਜਾਂ ਪ੍ਰਭਾਵਿਤ 10 ਭਾਰਤੀ ਨੌਜਵਾਨਾਂ ਦੇ ਮਾਮਲੇ ਹਨ। ਇਨ੍ਹਾਂ ਵਿੱਚ ਕੁਝ ਨੌਜਵਾਨ ਅਜੇ ਵੀ ਰੂਸ ਵਿੱਚ ਮੌਜੂਦ ਹਨ, ਕੁਝ ਲਾਪਤਾ ਹਨ ਅਤੇ ਕੁਝ ਜੰਗ ਦੌਰਾਨ ਆਪਣੀ ਜਾਨ ਗੁਆ ਚੁੱਕੇ ਹਨ।ਉਨ੍ਹਾਂ ਨੇ ਮਹਕਪ੍ਰੀਤ ਸਿੰਘ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਸਟੱਡੀ ਵੀਜ਼ਾ ‘ਤੇ ਰੂਸ ਗਏ ਸਨ ਅਤੇ ਇਸ ਸਮੇਂ ਹਿਰਾਸਤ ਵਿੱਚ ਹਨ। ਪਰਿਵਾਰ ਵੱਲੋਂ ਅਦਾਲਤੀ ਜੁਰਮਾਨਾ ਜਮ੍ਹਾਂ ਕਰਵਾਉਣ ਦੇ ਬਾਵਜੂਦ ਉਨ੍ਹਾਂ ਦੀ ਰਿਹਾਈ ਨਹੀਂ ਹੋ ਸਕੀ।ਇਸ ਤੋਂ ਇਲਾਵਾ ਗਗਨਦੀਪ ਸਿੰਘ ਦਾ ਮਾਮਲਾ ਵੀ ਸਾਹਮਣੇ ਰੱਖਿਆ ਗਿਆ, ਜੋ ਰੂਸੀ ਫੌਜ ਵਿੱਚ ਰਹਿੰਦੇ ਹੋਏ ਯੂਕਰੇਨ ਜੰਗ ਦੌਰਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ ਅਤੇ ਇਸ ਸਮੇਂ ਹਸਪਤਾਲ ਵਿੱਚ ਇਲਾਜ ਅਧੀਨ ਹਨ।

ਤਿੰਨ ਨੌਜਵਾਨ ਅਜੇ ਵੀ ਲਾਪਤਾ: ਸੰਤ ਸੀਚੇਵਾਲ ਨੇ ਦੱਸਿਆ ਕਿ ਜਰਨੈਲ ਸਿੰਘ, ਹਰਵਿੰਦਰ ਸਿੰਘ ਅਤੇ ਜਗਰੂਪ ਸਿੰਘ ਲੰਬੇ ਸਮੇਂ ਤੋਂ ਰੂਸੀ ਫੌਜ ਵਿੱਚ ਲਾਪਤਾ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਰੂਸੀ ਅਧਿਕਾਰੀਆਂ ਨਾਲ ਸੰਪਰਕ ਕਰਕੇ ਇਨ੍ਹਾਂ ਨੌਜਵਾਨਾਂ ਦੀ ਭਾਲ ਕਰਵਾਈ ਜਾਵੇ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਹੀ ਜਾਣਕਾਰੀ ਮੁਹੱਈਆ ਕਰਵਾਈ ਜਾਵੇ।ਉਨ੍ਹਾਂ ਅੰਮ੍ਰਿਤਸਰ ਦੇ ਹੀਰਾ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪਾਰਥਿਵ ਸਰੀਰ ਅਜੇ ਤੱਕ ਭਾਰਤ ਨਹੀਂ ਲਿਆਂਦਾ ਜਾ ਸਕਿਆ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਰੂਸੀ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਪਾਰਥਿਵ ਸਰੀਰ ਨੂੰ ਵਾਪਸ ਲਿਆਉਣ ਅਤੇ ਪਰਿਵਾਰ ਦੀ ਹਰ ਸੰਭਵ ਮਦਦ ਕਰੇ।

ਗੈਰ-ਕਾਨੂੰਨੀ ਏਜੰਟਾਂ ਦੇ ਨੈੱਟਵਰਕ ਦੀ ਜਾਂਚ ਦੀ ਮੰਗ: ਸੰਤ ਸੀਚੇਵਾਲ ਨੇ ਇਹ ਵੀ ਮੁੱਦਾ ਚੁੱਕਿਆ ਕਿ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਨਾਮ ‘ਤੇ ਕੰਮ ਕਰ ਰਹੇ ਗੈਰ-ਕਾਨੂੰਨੀ ਏਜੰਟਾਂ ਦੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਈ ਮਾਮਲਿਆਂ ਵਿੱਚ ਏਜੰਟ ਨੌਜਵਾਨਾਂ ਦੀ ਕਮਾਈ ਅਤੇ ਬੈਂਕ ਖਾਤਿਆਂ ‘ਤੇ ਵੀ ਕਬਜ਼ਾ ਕਰ ਲੈਂਦੇ ਹਨ, ਜਿਸ ਕਾਰਨ ਪਿੱਛੇ ਰਹਿ ਗਏ ਪਰਿਵਾਰ ਆਰਥਿਕ ਅਤੇ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਕਰਦੇ ਹਨ।ਉਨ੍ਹਾਂ ਦੱਸਿਆ ਕਿ ਅਵਿਨਾਸ਼ ਕੁਮਾਰ, ਵਿਸ਼ਾਲ ਸਿੰਘ, ਰਣਜੀਤ ਸਿੰਘ, ਰਮਨਜੀਤ ਸਿੰਘ ਅਤੇ ਸਿਕੰਦਰ ਸਿੰਘ ਸਮੇਤ ਕਈ ਹੋਰ ਭਾਰਤੀ ਨੌਜਵਾਨ ਵੀ ਰੂਸ ਵਿੱਚ ਫਸੇ ਹੋਏ ਹਨ। ਇਨ੍ਹਾਂ ਪਰਿਵਾਰਾਂ ਵੱਲੋਂ ਲਗਾਤਾਰ ਆਪਣੇ ਪਿਆਰਿਆਂ ਦੀ ਸੁਰੱਖਿਅਤ ਵਾਪਸੀ ਦੀ ਉਡੀਕ ਕੀਤੀ ਜਾ ਰਹੀ ਹੈ।ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰ ਸਰਕਾਰ ਅਤੇ ਭਾਰਤੀ ਦੂਤਾਵਾਸ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਨੂੰ ਰੂਸੀ ਸਰਕਾਰ ਦੇ ਸਾਹਮਣੇ ਗੰਭੀਰਤਾ ਨਾਲ ਉਠਾਇਆ ਜਾਵੇ ਅਤੇ ਸਾਰੇ ਪ੍ਰਭਾਵਿਤ ਭਾਰਤੀ ਨੌਜਵਾਨਾਂ ਦੀ ਸੁਰੱਖਿਆ ਅਤੇ ਘਰ ਵਾਪਸੀ ਯਕੀਨੀ ਬਣਾਈ ਜਾਵੇ।

Exit mobile version