
ਮੋਹਾਲੀ – 19 ਜੂਨ ਨੂੰ ਹੋਣ ਵਾਲੀਆਂ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਅੱਜ (17 ਜੂਨ) ਸ਼ਾਮ 6 ਵਜੇ ਖ਼ਤਮ ਹੋ ਜਾਵੇਗਾ, ਕਿਉਂਕਿ ਅੱਜ ਚੋਣ ਪ੍ਰਚਾਰ ਦਾ ਆਖਰੀ ਦਿਨ ਹੈ, ਇਸ ਲਈ ਸਾਰੀਆਂ ਪਾਰਟੀਆਂ ਵੱਲੋਂ ਰੈਲੀਆਂ ਅਤੇ ਰੋਡ ਸ਼ੋਅ ਕੀਤੇ ਜਾਣਗੇ। ਸਾਰੀਆਂ ਸਿਆਸੀ ਪਾਰਟੀਆਂ ਆਪਣੇ ਉਮੀਦਵਾਰ ਦੇ ਹੱਕ ‘ਚ ਚੋਣ ਪ੍ਰਚਾਰ ਜ਼ੋਰਾਂ-ਸ਼ੋਰਾਂ ਨਾਲ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਪਾਰਟੀ ਉਮੀਦਵਾਰ ਨੂੰ ਸਮਰਥਨ ਦੇਣ ਦੀ ਅਪੀਲ ਕਰ ਰਹੇ ਹਨl
ਇਸ ਦੇ ਨਾਲ ਹੀ, ਆਮ ਆਦਮੀ ਪਾਰਟੀ (ਆਪ) ਦੇ ਕਈ ਮੰਤਰੀ ਅਤੇ ਵਿਧਾਇਕ ਅੱਜ ਚੋਣ ਪ੍ਰਚਾਰ ਵਿੱਚ ਰੁੱਝੇ ਰਹਿਣਗੇ। ਦੂਜੇ ਪਾਸੇ, ਭਾਜਪਾ ਵਾਲੇ ਪਾਸੇ ਤੋਂ, ਪਾਰਟੀ ਪ੍ਰਧਾਨ ਸੁਨੀਲ ਜਾਖੜ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਚੋਣ ਪ੍ਰਚਾਰ ਵਿੱਚ ਸਰਗਰਮ ਹਨ। ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵੀ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ। ਇਸ ਦੇ ਨਾਲ ਹੀ ਲੁਧਿਆਣਾ ਪੱਛਮੀ ‘ਚ ਅੱਜ ਸ਼ਰਾਬ ਦੀਆਂ ਦੁਕਾਨਾਂ ਵੀ ਸ਼ਾਮ 6 ਵਜੇ ਤੋਂ ਬੰਦ ਰਹਿਣਗੀਆਂ। ਇਹ ਦੁਕਾਨਾਂ 19 ਜੂਨ ਨੂੰ ਸ਼ਾਮ 6 ਵਜੇ ਤੱਕ ਬੰਦ ਰਹਿਣਗੀਆਂ।
ਦੱਸ ਦੇਈਏ ਕਿ ਲੁਧਿਆਣਾ ਪੱਛਮੀ ਹਲਕੇ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ 14 ਜਨਵਰੀ ਨੂੰ ਉਨ੍ਹਾਂ ਦੇ ਘਰ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ। ਚੋਣ ਕਮਿਸ਼ਨ ਨੇ 25 ਮਈ ਨੂੰ ਜ਼ਿਮਨੀ ਚੋਣ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਲੁਧਿਆਣਾ ਵਿੱਚ ਰਾਜਨੀਤਿਕ ਮਾਹੌਲ ਗਰਮ ਹੋ ਗਿਆ ਹੈ। ਆਮ ਆਦਮੀ ਪਾਰਟੀ ਨੇ ਇੱਥੇ ਉਦਯੋਗਪਤੀ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਕਾਂਗਰਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ, ਭਾਜਪਾ ਨੇ ਜੀਵਨ ਗੁਪਤਾ ਨੂੰ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਪਰਉਪਕਾਰ ਸਿੰਘ ਘੁੰਮਣ ਨੂੰ ਮੈਦਾਨ ਵਿੱਚ ਉਤਾਰਿਆ ਹੈ।