ਗੁਰੂ ਗ੍ਰੰਥ ਸਾਹਿਬ ਦੇ ਸਰੂਪ ਕੰਟੇਨਰਾਂ ਰਾਹੀਂ ਵਿਦੇਸ਼ ਭੇਜਣ ਦਾ ਮਾਮਲਾ

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਕੰਟੇਨਰਾਂ ਰਾਹੀਂ ਕੈਨੇਡਾ ਦੇ ਸਰੀ ਸ਼ਹਿਰ ਭੇਜੇ ਜਾਣ ਦੇ ਮਾਮਲੇ ਨੂੰ ਲੈ ਕੇ ‘ਆਵਾਜ਼-ਏ-ਕੌਮ’ ਜਥੇਬੰਦੀ ਦੇ ਆਗੂਆਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਜਥੇਦਾਰ ਸਾਹਿਬ ਨੂੰ ਮੰਗ ਪੱਤਰ ਸੌਂਪਿਆ। ਜਥੇਬੰਦੀ ਨੇ ਇਸ ਮਾਮਲੇ ਨੂੰ ਗੰਭੀਰ ਦੱਸਦਿਆਂ ਇਸ ਨਾਲ ਜੁੜੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਧਾਰਮਿਕ ਅਤੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।

ਜਥੇਬੰਦੀ ਦੇ ਆਗੂ ਹਰਜਿੰਦਰ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਕੰਟੇਨਰਾਂ ਰਾਹੀਂ ਵਿਦੇਸ਼ ਭੇਜਣਾ ਸਿੱਖ ਮਰਿਆਦਾ ਅਤੇ ਸਿਧਾਂਤਾਂ ਦੇ ਉਲਟ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਘਟਨਾ ਕਾਰਨ ਸਿੱਖ ਕੌਮ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸ਼ਿਕਾਇਤ ਦੇ ਕੇ ਮੰਗ ਕੀਤੀ ਹੈ ਕਿ ਇਸ ਘਟਨਾ ਨਾਲ ਜੁੜੇ ਹਰ ਵਿਅਕਤੀ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲਿਆਂ ਨੂੰ ਸਰਵੋਚ ਮੰਨਦੀ ਹੈ, ਇਸ ਲਈ ਇਸ ਮਾਮਲੇ ਵਿੱਚ ਸਖ਼ਤ ਸਟੈਂਡ ਲੈਣਾ ਸਮੇਂ ਦੀ ਲੋੜ ਹੈ।

ਹਰਜਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਸਰੀ ਵਿੱਚ 200 ਤੋਂ ਵੱਧ ਸਰੂਪ ਭੇਜੇ ਗਏ ਹਨ, ਜਦਕਿ ਉੱਥੇ ਇੰਨੀ ਗਿਣਤੀ ਵਿੱਚ ਸਰੂਪਾਂ ਦੀ ਲੋੜ ਨਹੀਂ ਸੀ। ਉਨ੍ਹਾਂ ਕਿਹਾ ਕਿ ਸਰੀ ਦੇ ਪ੍ਰਮੁੱਖ ਗੁਰਦੁਆਰਿਆਂ ਵਿੱਚ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਮੌਜੂਦ ਹਨ ਅਤੇ ਸਥਾਨਕ ਸੰਗਤ ਵੱਲੋਂ ਵੀ ਇਸ ਮਾਮਲੇ ‘ਤੇ ਇਤਰਾਜ਼ ਪ੍ਰਗਟ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਲੰਬੇ ਸਮੇਂ ਤੱਕ ਕੰਟੇਨਰਾਂ ਵਿੱਚ ਸਮੁੰਦਰੀ ਰਸਤੇ ਸਫ਼ਰ ਦੌਰਾਨ ਪਾਵਨ ਸਰੂਪਾਂ ਦੇ ਸਤਿਕਾਰ ਅਤੇ ਮਰਿਆਦਾ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੱਖ-ਆਸਨ ਅਤੇ ਸੇਵਾ ਸਿੱਖ ਮਰਿਆਦਾ ਅਨੁਸਾਰ ਹੋਣੀ ਚਾਹੀਦੀ ਹੈ, ਨਾ ਕਿ ਉਨ੍ਹਾਂ ਨੂੰ ਆਮ ਮਾਲ ਵਾਂਗ ਕੰਟੇਨਰਾਂ ਵਿੱਚ ਭੇਜਿਆ ਜਾਵੇ। ਆਵਾਜ਼-ਏ-ਕੌਮ ਦੇ ਆਗੂਆਂ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਦਖ਼ਲ ਦੀ ਉਮੀਦ ਕਰਦੇ ਹਨ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜਥੇਬੰਦੀ ਇਸ ਮਾਮਲੇ ਨੂੰ ਅੰਤ ਤੱਕ ਉਠਾਉਂਦੀ ਰਹੇਗੀ।

ਫਿਲਹਾਲ ਇਸ ਪੂਰੇ ਮਾਮਲੇ ਵਿੱਚ ‘ਆਵਾਜ਼-ਏ-ਕੌਮ’ ਜਥੇਬੰਦੀ ਵੱਲੋਂ ਗੰਭੀਰ ਦੋਸ਼ ਲਗਾਉਂਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਕਾਰਵਾਈ ਦੀ ਮੰਗ ਕੀਤੀ ਗਈ ਹੈ। ਹਾਲਾਂਕਿ, ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦਾ ਅਧਿਕਾਰਤ ਪੱਖ ਹਾਲੇ ਤੱਕ ਸਾਹਮਣੇ ਨਹੀਂ ਆਇਆ।

Exit mobile version