ਪੰਜਾਬ ਉਦਯੋਗ ਭਵਨ ‘ਤੇ ਈਡੀ ਦੀ ਛਾਪੇਮਾਰੀ
ਚੰਡੀਗੜ੍ਹ ਦੇ ਸੈਕਟਰ-17 ਸਥਿਤ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (PSIDC) ਦੇ ਦਫ਼ਤਰ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਛਾਪੇਮਾਰੀ ਕੀਤੀ। ਚੰਡੀਗੜ੍ਹ ਅਤੇ ਦਿੱਲੀ ਦੀਆਂ ਟੀਮਾਂ ਨੇ ਮਿਲ ਕੇ ਇਹ ਕਾਰਵਾਈ ਕੀਤੀ। ਸੂਤਰਾਂ ਮੁਤਾਬਕ ਇਹ ਕਾਰਵਾਈ ਮੰਤਰੀ ਸੰਜੀਵ ਅਰੋੜਾ ਨਾਲ ਜੁੜੇ ਮਾਮਲੇ ਵਿੱਚ ਕੀਤੀ ਗਈ ਹੈ। ਟੀਮਾਂ ਕੁਝ ਦਸਤਾਵੇਜ਼ ਆਪਣੇ ਕਬਜ਼ੇ ਵਿੱਚ ਲੈ ਕੇ ਗਈਆਂ ਹਨ। ਹਾਲਾਂਕਿ, ਅਧਿਕਾਰਤ ਤੌਰ ‘ਤੇ ਇਸ ਸਬੰਧੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ।ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਈਡੀ ਦੀ ਇਸ ਕਾਰਵਾਈ ਬਾਰੇ ਮੁੱਖ ਮੰਤਰੀ ਨੂੰ ਜਵਾਬ ਦੇਣਾ ਚਾਹੀਦਾ ਹੈ।

ਸਵੇਰੇ ਹੀ ਪਹੁੰਚ ਗਈਆਂ ਸਨ ਈਡੀ ਦੀਆਂ ਟੀਮਾਂ
ਸੂਤਰਾਂ ਅਨੁਸਾਰ ਈਡੀ ਦੀਆਂ ਟੀਮਾਂ ਸਵੇਰੇ ਹੀ ਦਫ਼ਤਰ ਪਹੁੰਚ ਗਈਆਂ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਕੁਝ ਅਹਿਮ ਦਸਤਾਵੇਜ਼ ਆਪਣੇ ਕਬਜ਼ੇ ਵਿੱਚ ਲਏ। ਫਿਲਹਾਲ ਇਸ ਮਾਮਲੇ ‘ਤੇ ਨਾ ਤਾਂ ਈਡੀ ਅਤੇ ਨਾ ਹੀ ਸੰਬੰਧਤ ਅਧਿਕਾਰੀਆਂ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਕੀਤਾ ਗਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਜਾਂਚ ਏਜੰਸੀ ਜਲਦ ਇਸ ਬਾਰੇ ਜਾਣਕਾਰੀ ਸਾਂਝੀ ਕਰ ਸਕਦੀ ਹੈ।
9 ਮਈ ਨੂੰ ਹੋਈ ਸੀ ਗ੍ਰਿਫ਼ਤਾਰੀ
ਪੰਜਾਬ ਸਰਕਾਰ ਦੇ ਮੰਤਰੀ ਅਤੇ ਕਾਰੋਬਾਰੀ ਸੰਜੀਵ ਅਰੋੜਾ ਨੂੰ ਈਡੀ ਨੇ 9 ਮਈ 2026 ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਹੁਣ ਇਸੇ ਮਾਮਲੇ ਵਿੱਚ ਈਡੀ ਨੇ ਵਿਸ਼ੇਸ਼ ਪੀਐਮਐਲਏ (PMLA) ਅਦਾਲਤ ਵਿੱਚ ਉਨ੍ਹਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ।ਜਾਂਚ ਏਜੰਸੀ ਦਾ ਦੋਸ਼ ਹੈ ਕਿ ਸੰਜੀਵ ਅਰੋੜਾ ਦੀ ਕੰਪਨੀ ‘ਹੈਂਪਟਨ ਸਕਾਈ ਰੀਅਲਟੀ ਲਿਮਿਟੇਡ’ ਨੇ ਕਾਗਜ਼ਾਂ ਵਿੱਚ 100 ਕਰੋੜ ਰੁਪਏ ਤੋਂ ਵੱਧ ਮੁੱਲ ਦੇ ਕਰੀਬ 44 ਹਜ਼ਾਰ ਆਈਫੋਨ ਦੁਬਈ ਨੂੰ ਐਕਸਪੋਰਟ ਕਰਨ ਦਾ ਦਾਅਵਾ ਕੀਤਾ ਸੀ, ਜਦਕਿ ਜਾਂਚ ਦੌਰਾਨ ਅਜਿਹਾ ਕੋਈ ਅਸਲ ਨਿਰਯਾਤ ਸਾਹਮਣੇ ਨਹੀਂ ਆਇਆ।ਈਡੀ ਦਾ ਦਾਅਵਾ ਹੈ ਕਿ ਦਿੱਲੀ ਦੀਆਂ ਫਰਜ਼ੀ ਅਤੇ ਬੰਦ ਹੋ ਚੁੱਕੀਆਂ ਸ਼ੈੱਲ ਕੰਪਨੀਆਂ ਰਾਹੀਂ ਜਾਅਲੀ ਬਿੱਲ ਤਿਆਰ ਕਰਕੇ ਲਗਭਗ 103 ਕਰੋੜ ਰੁਪਏ ਦੇ ਲੈਣ-ਦੇਣ ਨੂੰ ਜਾਇਜ਼ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੇ ਨਾਲ ਹੀ ਜਾਅਲੀ ਇਨਪੁੱਟ ਟੈਕਸ ਕ੍ਰੈਡਿਟ (ਆਈਟੀਸੀ) ਅਤੇ ਜੀਐਸਟੀ ਰਿਫੰਡ ਦਾ ਵੀ ਗਲਤ ਲਾਭ ਲਿਆ ਗਿਆ।
ਈਡੀ ਨੇ ਦੱਸਿਆ ਮੁੱਖ ਸਾਜ਼ਿਸ਼ਕਰਤਾ
ਈਡੀ ਨੇ ਆਪਣੀ ਚਾਰਜਸ਼ੀਟ ਵਿੱਚ ਸੰਜੀਵ ਅਰੋੜਾ ਨੂੰ ਪੂਰੇ ਨੈੱਟਵਰਕ ਦਾ ਮੁੱਖ ਸਾਜ਼ਿਸ਼ਕਰਤਾ ਦੱਸਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਪਹਿਲਾਂ ਉਨ੍ਹਾਂ ਨੂੰ ਈਡੀ ਦੀ ਹਿਰਾਸਤ ਵਿੱਚ ਰੱਖਿਆ ਗਿਆ ਸੀ। ਬਾਅਦ ਵਿੱਚ ਅਦਾਲਤ ਨੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਗੁਰੂਗ੍ਰਾਮ ਜੇਲ੍ਹ ਭੇਜ ਦਿੱਤਾ।ਸੰਜੀਵ ਅਰੋੜਾ ਦੀਆਂ ਜ਼ਮਾਨਤ ਪਟੀਸ਼ਨਾਂ ਨੂੰ ਵੀ ਰਾਹਤ ਨਹੀਂ ਮਿਲੀ। 15 ਜੂਨ 2026 ਨੂੰ ਵਿਸ਼ੇਸ਼ ਪੀਐਮਐਲਏ ਅਦਾਲਤ ਨੇ ਉਨ੍ਹਾਂ ਦੀ ਨਿਯਮਤ ਜ਼ਮਾਨਤ ਅਰਜ਼ੀ ਇਹ ਕਹਿੰਦਿਆਂ ਰੱਦ ਕਰ ਦਿੱਤੀ ਕਿ ਪਹਿਲੀ ਨਜ਼ਰ ਵਿੱਚ ਉਨ੍ਹਾਂ ਖ਼ਿਲਾਫ਼ ਕਾਫ਼ੀ ਸਬੂਤ ਮੌਜੂਦ ਹਨ।