ਮੁਅੱਤਲ DIG ਭੁੱਲਰ ਦੀ ਇੱਕ ਹੋਰ ਕੋਸ਼ਿਸ਼ ਨਾਕਾਮ ! 7 ਜੁਲਾਈ ਤੱਕ…

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਫਿਲਹਾਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਸ਼ੁੱਕਰਵਾਰ ਨੂੰ ਉਨ੍ਹਾਂ ਦੀ ਨਿਯਮਿਤ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ, ਪਰ ਹਾਈ ਕੋਰਟ ਨੇ ਕੋਈ ਅੰਤਰਿਮ ਰਾਹਤ ਦਿੱਤੇ ਬਿਨਾਂ ਮਾਮਲੇ ਦੀ ਅਗਲੀ ਸੁਣਵਾਈ 7 ਜੁਲਾਈ ਤੱਕ ਲਈ ਮੁਲਤਵੀ ਕਰ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਹਾਈ ਕੋਰਟ ਵੱਲੋਂ ਰੱਦ ਕੀਤੀ ਜਾ ਚੁੱਕੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ 10 ਅਪ੍ਰੈਲ ਨੂੰ ਖਾਰਜ ਕਰ ਦਿੱਤਾ ਗਿਆ ਸੀ।

ਹਾਲਾਂਕਿ, ਸੁਪਰੀਮ ਕੋਰਟ ਨੇ ਆਪਣੇ ਹੁਕਮ ਵਿੱਚ ਇਹ ਛੋਟ ਦਿੱਤੀ ਸੀ ਕਿ ਜੇਕਰ ਦੋ ਮਹੀਨਿਆਂ ਦੇ ਅੰਦਰ ਮਾਮਲੇ ਦੀ ਸੁਣਵਾਈ (ਟਰਾਇਲ) ਸ਼ੁਰੂ ਨਹੀਂ ਹੁੰਦੀ, ਤਾਂ ਉਹ ਮੁੜ ਜ਼ਮਾਨਤ ਲਈ ਅਦਾਲਤ ਦਾ ਰੁਖ ਕਰ ਸਕਦੇ ਹਨ। ਇਸੇ ਆਧਾਰ ‘ਤੇ ਭੁੱਲਰ ਨੇ ਹੁਣ ਇੱਕ ਵਾਰ ਫਿਰ ਹਾਈ ਕੋਰਟ ਵਿੱਚ ਨਿਯਮਿਤ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ।ਪਟੀਸ਼ਨ ਵਿੱਚ ਭੁੱਲਰ ਨੇ ਕਿਹਾ ਕਿ ਮਾਮਲੇ ਦੀ ਜਾਂਚ ਪੂਰੀ ਹੋ ਚੁੱਕੀ ਹੈ ਅਤੇ ਪੁਲਿਸ ਅਦਾਲਤ ਵਿੱਚ ਚਲਾਨ ਵੀ ਪੇਸ਼ ਕਰ ਚੁੱਕੀ ਹੈ। ਉਨ੍ਹਾਂ ਦਲੀਲ ਦਿੱਤੀ ਕਿ ਇਸ ਮਾਮਲੇ ਦੇ ਜ਼ਿਆਦਾਤਰ ਗਵਾਹ ਸਰਕਾਰੀ ਅਧਿਕਾਰੀ ਹਨ ਅਤੇ ਉਹ ਖੁਦ ਵੀ ਮੁਅੱਤਲ ਹਨ। ਅਜਿਹੇ ਵਿੱਚ ਉਨ੍ਹਾਂ ਵੱਲੋਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਜਾਂ ਸਬੂਤਾਂ ਨਾਲ ਛੇੜਛਾੜ ਕਰਨ ਦੀ ਕੋਈ ਸੰਭਾਵਨਾ ਨਹੀਂ ਹੈ।ਭੁੱਲਰ ਨੇ ਇਹ ਵੀ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਸਮਾਂ-ਸੀਮਾ ਦੇ ਬਾਵਜੂਦ ਮਾਮਲੇ ਦਾ ਟਰਾਇਲ ਸ਼ੁਰੂ ਨਹੀਂ ਹੋਇਆ। ਇਸ ਲਈ ਉਨ੍ਹਾਂ ਨੂੰ ਨਿਯਮਿਤ ਜ਼ਮਾਨਤ ਦਾ ਲਾਭ ਦਿੱਤਾ ਜਾਣਾ ਚਾਹੀਦਾ ਹੈ। ਫਿਲਹਾਲ ਹਾਈ ਕੋਰਟ ਨੇ ਮਾਮਲੇ ਵਿੱਚ ਕੋਈ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

Exit mobile version