ਕਰਤਾਰਪੁਰ ਲਾਂਘਾ ਖੋਲ੍ਹਣ ਦੀ ਫਿਰ ਉੱਠੀ ਮੰਗ

ਕਰਤਾਰਪੁਰ ਲਾਂਘਾ ਖੋਲ੍ਹਣ ਦੀ ਫਿਰ ਉੱਠੀ ਮੰਗ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ (ਕੌਰੀਡੋਰ) ਨੂੰ ਦੁਬਾਰਾ ਖੋਲ੍ਹਣ ਦੀ ਮੰਗ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦ ਬਹਾਲ ਕਰਨ ਦੀ ਅਪੀਲ ਕੀਤੀ ਹੈ।

ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਚਰਨ ਛੋਹ ਧਰਤੀ
ਆਪਣੇ ਪੱਤਰ ਵਿੱਚ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਉਹ ਪਵਿੱਤਰ ਅਸਥਾਨ ਹੈ, ਜਿੱਥੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ‘ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ’ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਅਤੇ ਧਾਰਮਿਕ ਅਸਥਾਨ ਨਾਲ ਦੁਨੀਆ ਭਰ ਦੀ ਸਿੱਖ ਸੰਗਤ ਦੀ ਡੂੰਘੀ ਆਸਥਾ ਜੁੜੀ ਹੋਈ ਹੈ ਅਤੇ ਸ਼ਰਧਾਲੂ ਹਮੇਸ਼ਾ ਇੱਥੇ ਦਰਸ਼ਨ ਕਰਨ ਦੀ ਇੱਛਾ ਰੱਖਦੇ ਹਨ।

550ਵੇਂ ਪ੍ਰਕਾਸ਼ ਪੁਰਬ ‘ਤੇ ਖੁੱਲ੍ਹਿਆ ਸੀ ਲਾਂਘਾ

ਧਾਮੀ ਨੇ ਯਾਦ ਦਿਵਾਇਆ ਕਿ ਨਵੰਬਰ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਕਰੋੜਾਂ ਸਿੱਖਾਂ ਦੀ ਸਾਲਾਂ ਪੁਰਾਣੀ ਅਰਦਾਸ ਪੂਰੀ ਹੋਈ ਸੀ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਸਨ। ਉਨ੍ਹਾਂ ਕਿਹਾ ਕਿ ਹਾਲ ਹੀ ਦੇ ਦਿਨਾਂ ਵਿੱਚ ਭਾਰਤ-ਪਾਕਿਸਤਾਨ ਦਰਮਿਆਨ ਬਣੇ ਸੁਰੱਖਿਆ ਹਾਲਾਤਾਂ ਕਾਰਨ ਲਾਂਘਾ ਬੰਦ ਹੋਣ ਨਾਲ ਦੁਨੀਆ ਭਰ ਦੀ ਸਿੱਖ ਸੰਗਤ ਵਿੱਚ ਨਿਰਾਸ਼ਾ ਅਤੇ ਪੀੜਾ ਹੈ।

ਪ੍ਰਧਾਨ ਮੰਤਰੀ ਨੂੰ ਜਲਦ ਬਹਾਲੀ ਦੀ ਅਪੀਲ
ਪੱਤਰ ਵਿੱਚ ਇਹ ਵੀ ਜ਼ਿਕਰ ਕੀਤਾ ਗਿਆ ਹੈ ਕਿ ਐੱਸ.ਜੀ.ਪੀ.ਸੀ. ਪਹਿਲਾਂ ਵੀ ਕਈ ਮਤੇ ਪਾਸ ਕਰਕੇ ਕੇਂਦਰ ਸਰਕਾਰ ਤੋਂ ਲਾਂਘਾ ਦੁਬਾਰਾ ਖੋਲ੍ਹਣ ਦੀ ਮੰਗ ਕਰ ਚੁੱਕੀ ਹੈ। ਇਸ ਸਬੰਧੀ ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਮੰਗ ਪੱਤਰ ਸੌਂਪੇ ਜਾ ਚੁੱਕੇ ਹਨ। ਧਾਮੀ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਕਰੋੜਾਂ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਮਾਮਲੇ ਨੂੰ ਤਰਜੀਹ ਦੇ ਆਧਾਰ ‘ਤੇ ਦੇਖਿਆ ਜਾਵੇ।

ਉਨ੍ਹਾਂ ਨੇ ਸਬੰਧਤ ਮੰਤਰਾਲਿਆਂ ਨੂੰ ਲੋੜੀਂਦੇ ਕੂਟਨੀਤਕ ਅਤੇ ਪ੍ਰਸ਼ਾਸਨਿਕ ਕਦਮ ਚੁੱਕ ਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਜਲਦ ਤੋਂ ਜਲਦ ਬਹਾਲ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। ਧਾਮੀ ਨੇ ਭਰੋਸਾ ਪ੍ਰਗਟਾਇਆ ਕਿ ਕੇਂਦਰ ਸਰਕਾਰ ਸਿੱਖ ਭਾਈਚਾਰੇ ਦੀ ਇਸ ਭਾਵਨਾਤਮਕ ਅਪੀਲ ‘ਤੇ ਸਕਾਰਾਤਮਕ ਅਤੇ ਸੰਵੇਦਨਸ਼ੀਲਤਾ ਨਾਲ ਵਿਚਾਰ ਕਰੇਗੀ।

Exit mobile version