ਡੇਰਾਬੱਸੀ ਬਾਜ਼ਾਰ ਦੀ ਐਂਟਰੀ ’ਤੇ ਗੰਦਗੀ ਦੇ ਢੇਰ
ਡੇਰਾਬੱਸੀ ਬਾਜ਼ਾਰ ਦੀ ਐਂਟਰੀ ’ਤੇ ਗੰਦਗੀ ਦੇ ਢੇਰ।ਸ਼ਹਿਰ ਦੇ ਮੁੱਖ ਬਾਜ਼ਾਰ ਦੀ ਐਂਟਰੀ ‘ਤੇ ਪਿਛਲੇ ਤਿੰਨ ਦਿਨਾਂ ਤੋਂ ਗੰਦਗੀ ਦੇ ਵੱਡੇ-ਵੱਡੇ ਢੇਰ ਲੱਗੇ ਹੋਣ ਕਾਰਨ ਸਥਾਨਕ ਦੁਕਾਨਦਾਰਾਂ, ਇਲਾਕਾ ਨਿਵਾਸੀਆਂ ਅਤੇ ਲੰਘਣ ਵਾਲੇ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਗਰ ਕੌਂਸਲ ਦੇ ਅਧਿਕਾਰੀਆਂ ਦੀ ਇਸ ਲਾਪਰਵਾਹੀ ਅਤੇ ਅਣਦੇਖੀ ਕਾਰਨ ਸਥਾਨਕ ਵਪਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਕਿਉਂਕਿ ਬਾਜ਼ਾਰ ਦੇ ਮੁੱਖ ਮੋੜ ‘ਤੇ ਕੂੜੇ ਦੇ ਅੰਬਾਰ ਲੱਗਣ ਨਾਲ ਪੂਰੇ ਇਲਾਕੇ ਵਿੱਚ ਅਸਹਿ ਬਦਬੂ ਫੈਲ ਚੁੱਕੀ ਹੈ। ਦੁਕਾਨਦਾਰਾਂ ਅਨੁਸਾਰ ਗੰਦਗੀ ਕਾਰਨ ਮੱਖੀਆਂ ਅਤੇ ਮੱਛਰਾਂ ਦੀ ਭਰਮਾਰ ਹੋ ਗਈ ਹੈ, ਜਿਸ ਨਾਲ ਇਲਾਕੇ ਵਿੱਚ ਕੋਈ ਗੰਭੀਰ ਬਿਮਾਰੀ ਫੈਲਣ ਦਾ ਡਰ ਬਣਿਆ ਹੋਇਆ ਹੈ। ਇਸ ਤੋਂ ਇਲਾਵਾ, ਬਾਜ਼ਾਰ ਵਿੱਚ ਆਉਣ ਵਾਲੇ ਗਾਹਕ ਵੀ ਇਸ ਗੰਦਗੀ ਅਤੇ ਬਦਬੂ ਤੋਂ ਤੰਗ ਆ ਕੇ ਬਿਨਾਂ ਖ਼ਰੀਦਦਾਰੀ ਕੀਤੇ ਵਾਪਸ ਮੁੜ ਰਹੇ ਹਨ, ਜਿਸ ਦਾ ਸਿੱਧਾ ਅਤੇ ਮਾੜਾ ਅਸਰ ਉਨ੍ਹਾਂ ਦੇ ਕਾਰੋਬਾਰ ‘ਤੇ ਪੈ ਰਿਹਾ ਹੈ।

ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਪਿਛਲੇ ਤਿੰਨ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ਸਬੰਧੀ ਕਈ ਵਾਰ ਨਗਰ ਕੌਂਸਲ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਗਈ ਹੈ, ਪਰ ਇਸ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋ ਰਹੀ। ਪ੍ਰਸ਼ਾਸਨਿਕ ਅਧਿਕਾਰੀ ਇਸ ਗੰਭੀਰ ਸਮੱਸਿਆ ਵੱਲ ਬਿਲਕੁਲ ਧਿਆਨ ਨਹੀਂ ਦੇ ਰਹੇ, ਜਿਸ ਕਾਰਨ ਆਮ ਲੋਕਾਂ ਵਿੱਚ ਪ੍ਰਸ਼ਾਸਨ ਖ਼ਿਲਾਫ਼ ਗੁੱਸਾ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਸਥਿਤੀ ਤੋਂ ਤੰਗ ਆ ਚੁੱਕੇ ਪਰੇਸ਼ਾਨ ਦੁਕਾਨਦਾਰਾਂ ਅਤੇ ਇਲਾਕਾ ਨਿਵਾਸੀਆਂ ਨੇ ਹੁਣ ਨਗਰ ਕੌਂਸਲ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਜੇਕਰ ਬਾਜ਼ਾਰ ਦੀ ਐਂਟਰੀ ਤੋਂ ਗੰਦਗੀ ਦੇ ਢੇਰ ਤੁਰੰਤ ਨਾ ਹਟਾਏ ਗਏ, ਤਾਂ ਉਹ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਕਰਨਗੇ ਅਤੇ ਤਿੱਖਾ ਧਰਨਾ ਦੇਣ ਲਈ ਮਜਬੂਰ ਹੋਣਗੇ, ਜਿਸ ਤੋਂ ਨਿਕਲਣ ਵਾਲੇ ਹਰ ਸਿੱਟੇ ਦੀ ਪੂਰੀ ਜ਼ਿੰਮੇਵਾਰੀ ਨਗਰ ਕੌਂਸਲ ਪ੍ਰਸ਼ਾਸਨ ਦੀ ਹੋਵੇਗੀ।










