ਪੰਜਾਬ ਪੁਲਿਸ ਦਾ SI ਹੈਰੋਇਨ ਸਮੇਤ ਗ੍ਰਿਫ਼ਤਾਰ

ਪੰਜਾਬ ਪੁਲਿਸ ਦਾ SI ਹੈਰੋਇਨ ਸਮੇਤ ਗ੍ਰਿਫ਼ਤਾਰ

ਤਰਨਤਾਰਨ ਵਿੱਚ ਥਾਣਾ ਖਾਲੜਾ ਵਿਖੇ ਤਾਇਨਾਤ ਸਬ-ਇੰਸਪੈਕਟਰ (SI) ਸਾਹਿਬ ਸਿੰਘ ਨੂੰ ਸੀ.ਆਈ.ਏ. (CIA) ਸਟਾਫ਼ ਦੀ ਟੀਮ ਨੇ ਕਰੀਬ 300 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵਿਭਾਗ ਦੇ ਹੀ ਇੱਕ ਅਧਿਕਾਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੂਰੇ ਪੁਲਿਸ ਮਹਿਕਮੇ ਵਿੱਚ ਹੜਕੰਪ ਮਚ ਗਿਆ ਹੈ।ਜਾਣਕਾਰੀ ਅਨੁਸਾਰ, ਸੀ.ਆਈ.ਏ. ਸਟਾਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਥਾਣਾ ਖਾਲੜਾ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਆਪਣੀ ਵਰਦੀ ਦੀ ਦੁਰਵਰਤੋਂ ਕਰਦਿਆਂ ਕਥਿਤ ਤੌਰ ‘ਤੇ ਨਸ਼ਾ ਤਸਕਰੀ ਨਾਲ ਜੁੜੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੈ। ਸੂਚਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਐੱਸ.ਪੀ. (ਇਨਵੈਸਟੀਗੇਸ਼ਨ) ਰਿਪੁਤਾਪਨ ਸਿੰਘ ਨੇ ਇੱਕ ਵਿਸ਼ੇਸ਼ ਟੀਮ ਗਠਿਤ ਕੀਤੀ। ਟੀਮ ਨੇ ਸੂਚਨਾ ਦੀ ਪੁਸ਼ਟੀ ਕਰਨ ਤੋਂ ਬਾਅਦ ਛਾਪੇਮਾਰੀ ਕਰਕੇ ਕਾਰਵਾਈ ਕੀਤੀ। ਫਿਲਹਾਲ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਅਹਾਤੇ ਵਿੱਚ ਛਾਪੇਮਾਰੀ, ਹੈਰੋਇਨ ਅਤੇ ਡਰੱਗ ਮਨੀ ਬਰਾਮਦ
ਸੂਤਰਾਂ ਮੁਤਾਬਕ, ਪੁਲਿਸ ਟੀਮ ਨੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਮਜੂਪੁਰ ਦੇ ਰਹਿਣ ਵਾਲੇ ਸਾਹਿਬ ਸਿੰਘ ਨਾਲ ਜੁੜੇ ਝਬਾਲ ਨੇੜੇ ਸਥਿਤ ਇੱਕ ਅਹਾਤੇ ‘ਤੇ ਛਾਪਾ ਮਾਰਿਆ। ਤਲਾਸ਼ੀ ਦੌਰਾਨ ਉੱਥੋਂ ਕਰੀਬ 300 ਗ੍ਰਾਮ ਹੈਰੋਇਨ ਅਤੇ ਕਥਿਤ ਡਰੱਗ ਮਨੀ ਬਰਾਮਦ ਕੀਤੀ ਗਈ। ਬਰਾਮਦਗੀ ਤੋਂ ਬਾਅਦ ਪੁਲਿਸ ਨੇ ਮੁਲਜ਼ਮ SI ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਖ਼ਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੂਰੇ ਨੈੱਟਵਰਕ ਦੀ ਜਾਂਚ ਵਿੱਚ ਜੁਟੀ ਪੁਲਿਸ
ਗ੍ਰਿਫ਼ਤਾਰੀ ਤੋਂ ਬਾਅਦ ਜਾਂਚ ਏਜੰਸੀਆਂ ਇਹ ਪਤਾ ਲਗਾਉਣ ਵਿੱਚ ਜੁਟ ਗਈਆਂ ਹਨ ਕਿ ਮੁਲਜ਼ਮ ਕਿੰਨੇ ਸਮੇਤ ਤੋਂ ਇਸ ਕਥਿਤ ਗਤੀਵਿਧੀ ਵਿੱਚ ਸ਼ਾਮਲ ਸੀ ਅਤੇ ਉਸ ਦੇ ਸੰਪਰਕ ਕਿਹੜੇ-ਕਿਹੜੇ ਲੋਕਾਂ ਨਾਲ ਸਨ। ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਕਿੱਥੇ ਸਪਲਾਈ ਕੀਤਾ ਜਾਣਾ ਸੀ। ਪੁੱਛਗਿੱਛ ਦੇ ਅਧਾਰ ‘ਤੇ ਇਸ ਮਾਮਲੇ ਵਿੱਚ ਅੱਗੇ ਹੋਰ ਗ੍ਰਿਫ਼ਤਾਰੀਆਂ ਵੀ ਹੋ ਸਕਦੀਆਂ ਹਨ।

ਪਾਕਿਸਤਾਨ ਤੋਂ ਆਉਣ ਵਾਲੀ ਹੈਰੋਇਨ ਪਹੁੰਚਾਉਣ ਦਾ ਦੋਸ਼
ਸੂਤਰਾਂ ਦਾ ਦਾਅਵਾ ਹੈ ਕਿ ਮੁਲਜ਼ਮ ਸਬ-ਇੰਸਪੈਕਟਰ ਪਾਕਿਸਤਾਨ ਤੋਂ ਆਉਣ ਵਾਲੀ ਹੈਰੋਇਨ ਨੂੰ ਪੰਜਾਬ ਸਮੇਤ ਹੋਰਨਾਂ ਸੂਬਿਆਂ ਤੱਕ ਪਹੁੰਚਾਉਣ ਵਿੱਚ ਮਦਦ ਕਰਦਾ ਸੀ। ਹਾਲਾਂਕਿ, ਇਸ ਦਾਅਵੇ ਦੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਇਸ ਪਹਿਲੂ ਦੀ ਵੀ ਜਾਂਚ ਕਰ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਮਿਲੇ ਇਨਪੁਟਸ ਦੇ ਅਧਾਰ ‘ਤੇ ਮਾਮਲੇ ਦੀਆਂ ਕੜੀਆਂ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ ਵਿੱਚ ਵੀ 2 ਕਿਲੋ ਹੈਰੋਇਨ ਸਮੇਤ ਐੱਸ.ਐੱਚ.ਓ. (SHO) ਗ੍ਰਿਫ਼ਤਾਰ ਹੋਇਆ ਸੀ
ਮੁਲਜ਼ਮ SHO ਸ਼ਸ਼ਪਾਲ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਨ ਲੈ ਕੇ ਜਾਂਦੀ ਹੋਈ ਪੁਲਿਸ। (ਫ਼ਾਈਲ ਫ਼ੋਟੋ)

ਇਸ ਤੋਂ ਪਹਿਲਾਂ ਪੁਲਿਸ ਨੇ 28 ਅਪ੍ਰੈਲ ਨੂੰ ਅੰਮ੍ਰਿਤਸਰ ਦੇ ਭਿੰਡੀਸੈਦਾਂ ਥਾਣੇ ਵਿੱਚ ਤਾਇਨਾਤ SHO ਸ਼ਸ਼ਪਾਲ ਸਿੰਘ ਨੂੰ 2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਅਨੁਸਾਰ, ਹੈਰੋਇਨ ਦੀ ਖੇਪ ਸਰਹੱਦ ਪਾਰ ਤੋਂ ਡਰੋਨ ਰਾਹੀਂ ਆਈ ਸੀ। ਇਹ ਖੇਪ ਭਿੰਡੀਸੈਦਾਂ ਥਾਣੇ ਦੇ SHO ਸ਼ਸ਼ਪਾਲ ਸਿੰਘ ਦੇ ਕਬਜ਼ੇ ਵਿੱਚ ਆਈ ਸੀ, ਪਰ ਉਨ੍ਹਾਂ ਨੇ ਇਸ ਨੂੰ ਜ਼ਬਤ ਦਿਖਾਉਣ ਦੀ ਬਜਾਏ ਖ਼ੁਦ ਹੀ ਰੱਖ ਲਿਆ ਸੀ। SHO ਨੇ ਕੁਝ ਹਿੱਸਾ ਆਪਣੇ ਕੋਲ ਰੱਖਿਆ, ਜਦਕਿ ਬਾਕੀ ਹੈਰੋਇਨ ਨੂੰ ਨਸ਼ਟ ਕਰ ਦਿੱਤਾ ਸੀ।ਜਿਵੇਂ ਹੀ ਇਸ ਮਾਮਲੇ ਦੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਮਿਲੀ, ਤਾਂ ਜਾਂਚ ਸ਼ੁਰੂ ਕੀਤੀ ਗਈ। ਜਾਂਚ ਵਿੱਚ ਸਾਹਮਣੇ ਆਇਆ ਕਿ SHO ਨੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਅਤੇ ਖੇਪ ਨੂੰ ਰਿਕਾਰਡ ਵਿੱਚ ਨਹੀਂ ਦਿਖਾਇਆ। ਮੁਲਜ਼ਮ SHO ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ (ਸਸਪੈਂਡ) ਕਰ ਦਿੱਤਾ ਗਿਆ ਸੀ।

Exit mobile version