ਲੁਧਿਆਣਾ ‘ਚ ਪੇਪਰ ਲੀਕ ਨੂੰ ਲੈਕੇ ਵਿਦਿਆਰਥੀਆਂ ਦਾ ਪ੍ਰਦਰਸ਼ਨ
ਪੰਜਾਬ ਵਿੱਚ ਫਾਰਮੇਸੀ ਪ੍ਰੀਖਿਆਵਾਂ ਵਿੱਚ ਕਥਿਤ ਪੇਪਰ ਲੀਕ ਅਤੇ ਨਕਲ ਘੁਟਾਲੇ ਦੇ ਵਿਰੋਧ ਵਿੱਚ ਵਿਦਿਆਰਥੀ ਜਥੇਬੰਦੀਆਂ ਅੱਜ ਲੁਧਿਆਣਾ ਵਿੱਚ ਪ੍ਰਦਰਸ਼ਨ ਕਰਨਗੀਆਂ। ਇਸ ਪ੍ਰਦਰਸ਼ਨ ਰਾਹੀਂ ਵਿਦਿਆਰਥੀ ਪ੍ਰੀਖਿਆ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਮੰਗ ਕਰਨਗੇ। ਇਸ ਦੇ ਨਾਲ ਹੀ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਉਠਾਈ ਜਾਵੇਗੀ।ਇਹ ਪ੍ਰਦਰਸ਼ਨ 31 ਜੁਲਾਈ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 3 ਵਜੇ ਤੱਕ ਵੇਰਕਾ ਮਿਲਕ ਪਲਾਂਟ ਦੇ ਬਾਹਰ ਕੀਤਾ ਜਾਵੇਗਾ। ਵਿਦਿਆਰਥੀ ਜਥੇਬੰਦੀਆਂ ਨੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ: ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਕਥਿਤ ਪੇਪਰ ਲੀਕ ਅਤੇ ਨਕਲ ਦੀਆਂ ਘਟਨਾਵਾਂ ਕਾਰਨ ਮਿਹਨਤ ਕਰਨ ਵਾਲੇ ਵਿਦਿਆਰਥੀਆਂ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਅਤੇ ਸਬੰਧਤ ਏਜੰਸੀਆਂ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ। ਨਾਲ ਹੀ, ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰੀਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ।
ਪੋਸਟਰ ਜਾਰੀ ਕਰਕੇ ਵਿਦਿਆਰਥੀਆਂ ਨੂੰ ਇਕਜੁੱਟ ਹੋਣ ਦੀ ਅਪੀਲ: ਪ੍ਰਦਰਸ਼ਨ ਦੇ ਆਯੋਜਕਾਂ ਨੇ ਪੋਸਟਰ ਜਾਰੀ ਕਰਕੇ ਵਿਦਿਆਰਥੀਆਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਪੋਸਟਰ ਰਾਹੀਂ ਹਰ ਵਿਦਿਆਰਥੀ ਲਈ ਪਾਰਦਰਸ਼ਤਾ, ਜਵਾਬਦੇਹੀ ਅਤੇ ਇਨਸਾਫ਼ ਦੀ ਮੰਗ ਉਠਾਈ ਗਈ ਹੈ। ਇਸ ਦੇ ਨਾਲ ਹੀ, “ਸਾਡਾ ਭਵਿੱਖ ਵਿਕਾਊ ਨਹੀਂ ਹੈ” ਅਤੇ #StopCheating ਤੇ #JusticeFirst ਵਰਗੇ ਸੰਦੇਸ਼ਾਂ ਰਾਹੀਂ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਦੀ ਆਵਾਜ਼ ਬੁਲੰਦ ਕੀਤੀ ਗਈ ਹੈ।
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਫਾਰਮੇਸੀ ਵਿਦਿਆਰਥੀ ਹੋ ਸਕਦੇ ਹਨ ਸ਼ਾਮਲ: ਜਾਣਕਾਰੀ ਮੁਤਾਬਕ ਇਸ ਪ੍ਰਦਰਸ਼ਨ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਫਾਰਮੇਸੀ ਦੇ ਵਿਦਿਆਰਥੀ ਸ਼ਾਮਲ ਹੋ ਸਕਦੇ ਹਨ। ਆਯੋਜਕਾਂ ਨੇ ਸਾਰੇ ਵਿਦਿਆਰਥੀਆਂ ਨੂੰ ਸ਼ਾਂਤੀਪੂਰਨ ਅਤੇ ਲੋਕਤੰਤਰੀ ਢੰਗ ਨਾਲ ਇਸ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ।









