ਅੰਮ੍ਰਿਤਸਰ ‘ਚ ਗਸ਼ਤ ਦੌਰਾਨ ਖਾਕੀ ‘ਤੇ ਵਾਰ, ਲਾਅ ਐਂਡ ਆਰਡਰ ‘ਤੇ ਘੇਰੀ ‘ਆਪ’ ਸਰਕਾਰ
ਅੰਮ੍ਰਿਤਸਰ ਦੇ ਗੇਟ ਹਕੀਮਾ ਇਲਾਕੇ ਵਿੱਚ ਦੇਰ ਰਾਤ ਗਸ਼ਤ ਦੌਰਾਨ ਡਿਊਟੀ ‘ਤੇ ਤਾਇਨਾਤ ਸਹਾਇਕ ਥਾਣੇਦਾਰ (ASI) ਹਰਜੀਤ ਸਿੰਘ ਦੀ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਦੁਖਦਾਈ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਸ਼ਹੀਦ ਜਵਾਨ ਦੀ ਬਹਾਦਰੀ ਨੂੰ ਸਲਾਮ ਕਰਦਿਆਂ ਪਰਿਵਾਰ ਨਾਲ ਡਟ ਕੇ ਖੜ੍ਹਨ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਵਾਧੂ ਬੀਮਾ ਕਵਰ (ਕੁੱਲ 2 ਕਰੋੜ ਰੁਪਏ) ਦੇਣ ਦੀ ਵਚਨਬੱਧਤਾ ਦੁਹਰਾਈ ਗਈ ਹੈ।
ਦੂਜੇ ਪਾਸੇ, ਇਸ ਘਟਨਾ ਨੂੰ ਲੈ ਕੇ ਸੂਬੇ ਵਿੱਚ ਸਿਆਸਤ ਵੀ ਗਰਮਾ ਗਈ ਹੈ। ਭਾਜਪਾ ਦੇ ਸੀਨੀਅਰ ਨੇਤਾ ਤਰੁਣ ਚੁੱਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਤਿੱਖੇ ਨਿਸ਼ਾਨੇ ਸਾਧੇ ਹਨ। ਚੁੱਘ ਨੇ ਦੋਸ਼ ਲਾਇਆ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਦਾ ਮਨੋਬਲ ਤੋੜਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ 22 ਪੁਲਿਸ ਥਾਣਿਆਂ ‘ਤੇ ਗ੍ਰੇਨੇਡ ਹਮਲੇ, ਭਾਜਪਾ ਦਫ਼ਤਰ ‘ਤੇ ਹਮਲਾ ਅਤੇ ਇੱਥੋਂ ਤੱਕ ਕਿ ਪੰਜਾਬ ਪੁਲਿਸ ਹੈੱਡਕੁਆਰਟਰ ‘ਤੇ ਰੌਕੇਟ ਲਾਂਚਰ ਨਾਲ ਹਮਲਾ ਹੋ ਚੁੱਕਾ ਹੈ।
ਤਰੁਣ ਚੁੱਘ ਨੇ ਕਿਹਾ ਕਿ ਹਮਲਾਵਰ ਫਾਇਰਿੰਗ ਦੀਆਂ ਵੀਡੀਓਜ਼ ਬਣਾ ਕੇ ਸੋਸ਼ਲ ਮੀਡੀਆ ‘ਤੇ ਪੋਸਟ ਕਰ ਰਹੇ ਹਨ, ਜਦਕਿ ਸਰਕਾਰ ਇਨ੍ਹਾਂ ਮਾਮਲਿਆਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਜਦੋਂ ਪੁਲਿਸ ਥਾਣੇ ਅਤੇ ਡਿਊਟੀ ‘ਤੇ ਤਾਇਨਾਤ ਜਵਾਨ ਹੀ ਸੁਰੱਖਿਅਤ ਨਹੀਂ ਹਨ, ਤਾਂ ਆਮ ਜਨਤਾ ਦੀ ਸੁਰੱਖਿਆ ਦੀ ਕੀ ਗਰੰਟੀ ਹੈ? ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ‘ਤੇ ਲਾਪਰਵਾਹੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਡਰੱਗ ਮਾਫੀਆ, ਜਬਰਨ ਵਸੂਲੀ (Extortion) ਅਤੇ ਗੈਂਗਸਟਰ ਸੂਬੇ ਲਈ ਵੱਡਾ ਖ਼ਤਰਾ ਬਣ ਰਹੇ ਹਨ।
ਪੰਜਾਬ ਸਰਕਾਰ ਨੇ ਵਿਰੋਧੀ ਧਿਰ ਦੇ ਦੋਸ਼ਾਂ ਦੇ ਵਿਚਕਾਰ ਸਪੱਸ਼ਟ ਕੀਤਾ ਹੈ ਕਿ ਸ਼ਹੀਦਾਂ ਦੀ ਅਥਾਹ ਕੁਰਬਾਨੀ ਅਤੇ ਡਿਊਟੀ ਪ੍ਰਤੀ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸਰਕਾਰ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਣਪਛਾਤੇ ਹਮਲਾਵਰਾਂ ਦੀ ਭਾਲ ਲਈ ਇਲਾਕੇ ਵਿੱਚ ਵੱਡੇ ਪੱਧਰ ‘ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।









